ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਵੱਡੀ ਖਿੱਚੋ ਤਾਣੀ ਨਜ਼ਰ ਆ ਰਹੀ ਹੈ, ਅਤੇ ਕਿਸਾਨੀ ਵੋਟ ਬੈਂਕ ਨੂੰ ਲੁਭਾਉਣ ਦੀ ਕੋਸ਼ਿਸ਼ ਹੋ ਰਹੀ ਹੈ । ਚੋਣਾਂ ਆਉਣ ਤੋਂ ਪਹਿਲਾਂ ਕਾਂਗਰਸੀ ਅਤੇ ਅਕਾਲੀ ਇਕ ਦੂਜੇ ਦੇ ਆਹਮੋ ਸਾਹਮਣੇ ਹੋ ਚੁੱਕੇ ਹਨ । ਦਰਅਸਲ ਦੋਨਾਂ ਪਾਰਟੀਆਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਉੱਤੇ ਇੱਕ ਦੂਜੇ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਮਿੰਦਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲ ਦਰਮਿਆਨ ਸੋਸ਼ਲ ਮੀਡੀਆ ਤੇ ਇੱਕ ਜੰਗ ਛਿੜੀ ਹੋਈ ਹੈ ।
ਦੱਸ ਦੇਈਏ ਕਿ ਇਹ ਮਸਲਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਸ਼ਲ
ਮੀਡੀਆ ਤੇ ਇਕ ਪੋਸਟ ਤੋਂ ਸ਼ੁਰੂ ਹੋਇਆ ਜਿਸ ਵਿਚ ਉਹਨਾਂ ਨੇ ਲਿਖਿਆ ਕਿ ਅਸੀਂ ਬਾਦਲਾਂ ਨੂੰ ਭੁੱਲ ਨਹੀਂ ਸਕਦੇ। ਇਸ ਪੋਸਟ ਵਿਚ ਉਨ੍ਹਾਂ ਨੇ ਸੁਖਬੀਰ ਬਾਦਲ , ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਪੁਰਾਣੀਆਂ ਵੀਡੀਓ ਸਾਂਝੀਆਂ ਕੀਤੀਆਂ, ਜਿਸ ਵਿੱਚ ਬਾਦਲ ਪਰਿਵਾਰ ਕੇਂਦਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲਦੇ ਦਿਖਾਈ ਦੇ ਰਹੇ ਹਨ, ਕਿ ਇਹ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ।
ਜਿਸ ਦੇ ਜੁਆਬ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਕ ਪੁਰਾਣੀ ਵੀਡੀਓ ਸਾਂਝੀ ਕੀਤੀ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਕਰ ਰਹੇ ਸਨ ਕਿ ਕਰਜ਼ਾ ਭਾਵੇਂ ਬੈਂਕਾਂ ਦਾ ਹੋਵੇ , ਆਡ਼੍ਹਤੀਆਂ ਦਾ, ਭਾਵੇਂ ਸੁਸਾਇਟੀਆਂ ਦਾ ਹੋਵੇ ਕਾਂਗਰਸ ਪੰਜਾਬ ਵਿੱਚ ਸਰਕਾਰ ਬਣਨ ਤੇ ਇਹ ਸਭ ਕਰਜ਼ੇ ਮੁਆਫ ਕਰੇਗੀ ।
ਇਸ ਸਭ ਤੋਂ ਬਾਅਦ ਹੁਣ ਇਹ ਦੇਖਣਾ ਹੋਵੇਗਾ ਕਿ ਵੱਡੀਆਂ ਸਿਆਸੀ ਧਿਰਾਂ ਆਉਂਦੇ ਦਿਨਾਂ ਵਿਚ 2022 ਦੀਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਚ ਕੀ ਮੁੱਖ ਮੁੱਖ ਮੁੱਦੇ ਲੈ ਕੇ ਲੋਕਾਂ ਸਾਹਮਣੇ ਆਉਂਦੀਆਂ ਹਨ ।