ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ IAS ਅਧਿਕਾਰੀ ਦੇ ਬੇਟੇ ਅਤੇ CITCO ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੱਝ ਦਿਨ ਪਹਿਲਾਂ ਸੈਣੀ ਨੇ ਆਪਣੇ ਵਕੀਲ ਏਪੀਐੱਸ ਦਿਓਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ। ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ‘ਤੇ ਗੌਰ ਕਰਦਿਆਂ ਸਾਬਕਾ ਡੀਜੀਪੀ ਸੈਣੀ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ। ਹੁਣ ਸੈਣੀ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਮੁਹਾਲੀ ਅਤੇ ਸਿੱਟ ਦੇ ਮੈਂਬਰਾਂ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸਿਰਜੋੜ ਕੇ ਸਾਂਝੇ ਯਤਨ ਕਰਨ ਲਈ ਵਿਊਂਤਬੰਦੀ ਕੀਤੀ ਗਈ। ਜਲਦੀ ਦੀ ਛਾਪੇਮਾਰੀ ਕੀਤੀ ਜਾ ਸਕਦੀ ਹੈ।