ਚੰਡੀਗੜ੍ਹ: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦੇ ਹੋਏ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸ਼ਣ ਦੀ ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਪੀਪੀਸੀਬੀ ਤੋਂ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀਐੱਲਸੀ-ਭਾਜਪਾ ਨੂੰ 1 ਨੋਟਿਸ ਅਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।
ਡਾ: ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਦੌਰਾਨ ਲਗਾਤਾਰ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।