ਚੰਡੀਗੜ੍ਹ : ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਦਿੱਲੀ ਮਾਡਲ ਦੀਆਂ ਸਿਫਤਾਂ ਗਿਣਵਾ ਕੇ ਪੰਜਾਬ ਅੰਦਰ ਵੋਟਾਂ ਮੰਗੀਆਂ ਜਾ ਰਹੀਆਂ ਹਨ ਤਾਂ ਉੱਥੇ ਹੀ ਦੂਜੇ ਪਾਸੇ ਵਿਰੋਧੀ ਦਿੱਲੀ ਮਾਡਲ ਨੂੰ ਲੈ ਕੇ ਆਮ ਆਦਮੀ ਪਾਰਟੀ ਖਿਲਾਫ ਚੋਣ ਪ੍ਰਚਾਰ ਕਰ ਰਹੇ ਹਨ। ਦਿੱਲੀ ਮਾਡਲ ਨੂੰ ਲੈ ਕੇ ਹੁਣ ਭਾਜਪਾ *ਚ ਸ਼ਾਮਲ ਹੋ ਚੁਕੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਸਿਰਸਾ ਦਾ ਕਹਿਣਾ ਹੈ ਕਿ ਦਿੱਲੀ *ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਖੁਲਾਸਾ ਕੀਤਾ ਕਿ ਦਿੱਲੀ *ਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਪੰਜਾਬੀ ਵਿਸ਼ੇ ਨਾਲ ਸਬੰਧਤ ਅਧਿਆਪਕਾਂ ਦੀ ਗਿਣਤੀ *ਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਰਾਜਧਾਨੀ *ਚ ਪੰਜਾਬੀ ਵਿਸ਼ੇ ਨਾਲ ਸਬੰਧਤ 1500 ਅਧਿਆਪਕ ਸਨ ਪਰ ਹੁਣ ਇਨ੍ਹਾਂ ਦੀ ਗਿਣਤੀ ਘਟਾ ਕੇ ਮਾਤਰ ਚਾਰ ਸੌ ਤੋਂ ਵੀ ਘੱਟ ਕਰ ਦਿੱਤੀ ਗਈ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਅਧਿਆਪਕਾਂ ਨੂੰ ਵੀ ਬਹੁਤ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਪੱਕਾ ਵੀ ਨਹੀਂ ਕੀਤਾ ਜਾ ਰਿਹਾ ।ਇੱਥੇ ਹੀ ਬੱਸ ਨਹੀਂ ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਵਿੱਚ ਕੋਈ ਵੀ ਸਿੱਖ ਮੰਤਰੀ ਨਹੀਂ ਹੈ।ਉਨ੍ਹਾਂ ਕਿਹਾ ਕਿ ਇਸ ਬਾਬਤ ਉਨ੍ਹਾਂ ਵੱਲੋਂ ਚਿੱਠੀ ਵੀ ਲਿਖੀ ਗਈ ਹੈ ਪਰ ਅਰਵਿੰਦ ਕੇਜਰੀਵਾਲ ਵੱਲੋਂ ਉਸ ਚਿੱਠੀ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।ਸਿਰਸਾ ਨੇ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਚਿੱਠੀ ਦਾ ਜਵਾਬ ਸਾਹਮਣੇ ਆ ਕੇ ਦੇਣ।