ਅੰਮ੍ਰਿਤਸਰ : ਸਿਆਸੀ ਚੋਣ ਦੰਗਲ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਿਚਕਾਰ ਸਿਆਸੀ ਖਿੱਚੋਤਾਣ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਜਿਸ ਦੇ ਚਲਦਿਆਂ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤੇ ਜਾਣ ਨੂੰ ਲੈ ਕੇ ਵਿਰੋਧੀ ਲਗਾਤਾਰ ਵਾਰ ਪਲਟਵਾਰ ਕਰ ਰਹੇ ਹਨ।ਇਸ ਮਸਲੇ *ਤੇ ਬੋਲਦਿਆਂ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੋਵਾਂ ਨੂੰ ਨਿਸ਼ਾਨੇ *ਤੇ ਲਿਆ ਹੈ। ਮਜੀਠੀਆ ਦਾ ਕਹਿਣਾ ਹੈ ਕਿ ਚੰਨੀ ਨੂੰ ਮੁੱਖ ਮੰਤਰੀ ਐਲਾਨ ਕੇ ਕਾਂਗਰਸ ਨੇ ਸਾਬਤ ਕਰ ਦਿੱਤਾ ਹੈ ਕਿ ਖਜ਼ਾਨਾ ਲੁੱਟਣ ਵਾਲਿਆਂ ਅਤੇ ਮਾਫੀਆ ਰਾਜ ਨੂੰ ਵੜਾਵਾ ਦੇਣ ਵਾਲਿਆਂ ਨੂੰ ਹੀ ਪਾਰਟੀ ਅੱਗੇ ਲੈਕੇ ਆ ਰਹੀ ਹੈ।
ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੇ ਦਿਨ ਸੂਬੇ ਅੰਦਰ ਮਾਫੀਆ ਰਾਜ ਦੇ ਹੋਣਗੇ।ਉਨ੍ਹਾਂ ਕਿਹਾ ਕਿ ਇਸ ਨੇ ਕਾਂਗਰਸ ਪਾਰਟੀ ਦੇ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ।ਇਸ ਮੌਕੇ ਬੋਲਦਿਆਂ ਮਜੀਠੀਆ ਨੇ ਸਿੱਧੂ ਬਾਰੇ ਵੀ ਪ੍ਰਤੀਕਿਿਰਆ ਦਿੱਤੀ। ਉਨ੍ਹਾਂ ਕਿਹਾ ਕਿ ਉੱਧਰ ਰਾਹੁਲ ਗਾਂਧੀ ਨੇ ਸਿੱਧੂ ਦਾ ਬਿਸਤਰਾ ਗੋਲ ਕਰ ਦਿੱਤਾ ਹੈ ਅਤੇ ਇੱਧਰ ਅੰਮ੍ਰਿਤਸਰ ਦੇ ਲੋਕ ਉਸ ਦਾ ਬਿਸਤਰਾ ਗੋਲ ਕਰ ਦੇਣਗੇ।
ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਚੋਣਾਂ *ਚ ਪ੍ਰਚਾਰ ਕਰਨ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ ਉਸ ਲਿਸਟ ਵਿੱਚੋਂ ਨਵਜੋਤ ਸਿੰਘ ਸਿੱਧੂ ਦਾ ਨਾਮ ਕੱਢ ਦਿੱਤਾ ਹੈ। ਇਸ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਜਿਸ ਸਮੇਂ ਕਾਂਗਰਸ ਪਾਰਟੀ ਵੱਲੋਂ ਸੀਟਾਂ ਦੀ ਵੰਡ ਕੀਤੀ ਗਈ ਸੀ ਤਾਂ ਉਸ ਸਮੇਂ ਵੀ ਸਾਰੇ ਮਾਫੀਏ ਨੂੰ ਟਿਕਟਾਂ ਦੇ ਦਿੱਤੀਆਂ ਗਈਆਂ ।ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਫੀਏ ਰਾਜ ਨੂੰ ਪ੍ਰਫੂਲਤ ਸਿੱਧੂ ਅਤੇ ਚੰਨੀ ਨੇ ਮਿਲ ਕੇ ਕੀਤਾ ਹੈ।ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ।