ਅੰਮ੍ਰਿਤਸਰ :ਦਿੱਲੀ ਦੀਆਂ ਬਰੂਹਾਂ ‘ਤੇ ਲੰਬਾ ਸਮਾਂ ਚੱਲੇ ਕਿਸਾਨੀ ਸੰਘਰਸ਼ ਨੇ ਇੱਕ ਨਹੀਂ ਬਲਕਿ ਅਨੇਕਾਂ ਕਿਸਾਨਾਂ ਦੀਆਂ ਜਾਨਾਂ ਲੈ ਲਈਆਂ। ਇਸੇ ਦਰਮਿਆਨ ਜੇਕਰ ਗੱਲ ਲਖੀਮਪੁਰ ਖੀਰੀ ਦੀ ਕਰ ਲਈਏ ਤਾਂ ਉੱਥੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਇੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਗੱਡੀ ਚੜ੍ਹਾ ਦਿੱਤੀ ਗਈ ਸੀ। ਹੁਣ ਇਲਾਹਾਬਾਦ ਹਾਈਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜ੍ਹਕ ਉੱਠੀਆਂ ਹਨ। ਅੱਜ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਮਾਮਲੇ ‘ਤੇ ਬੋਲਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਸਨ ਕਿ ਅਸੀਂ ਕਿਸਾਨਾਂ ਦੇ ਦਿਲ ਜਿੱਤਣੇ ਹਨ ਪਰ ਉਨ੍ਹਾਂ ਨੇ ਕਾਤਲਾਂ ਨੂੰ ਬਾਹਰ ਕਢਵਾ ਕੇ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਨ ਦਾ ਕੰਮ ਕੀਤਾ ਹੈ।
ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਲੋਕਤੰਤਰ ਨਹੀਂ ਬਲਕਿ ਗੁੰਡਾਤੰਤਰ ਰਾਹੀਂ ਅਜਿਹੇ ਮੁਲਜ਼ਮਾਂ ਦੀ ਸਹਾਇਤਾ ਕਰਕੇ ਵੋਟਾਂ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।ਇਸਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਸਜ਼ਾ ਨਹੀਂ ਦਿਵਾਈ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬੋਲਦਿਆਂ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਦਾ ਵੀ ਪੰਧੇਰ ਨੇ ਜਿਕਰ ਕੀਤਾ।
ਦੱਸ ਦੇਈਏ ਕਿ ਮਿਸ਼ਰਾ 3 ਅਕਤੂਬਰ 2021 ਨੂੰ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤੇ ਜਾਣ ਦੇ ਮਾਮਲੇ ਦਾ ਮੁੱਖ ਦੋਸ਼ੀ ਹੈ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਦੇ ਲਖਨਊ ਬੈਂਚ ਨੇ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਪਹਿਲਾਂ ਹੀ ਹੋ ਚੁੱਕੀ ਸੀ। ਬੀਤੇ ਕੱਲ੍ਹ ਅਦਾਲਤ ਨੇ ਇਸ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਆਸ਼ੀਸ਼ ਭਲਕੇ ਜੇਲ ਤੋਂ ਰਿਹਾਅ ਹੋ ਸਕਦਾ ਹੈ। ਸ਼ੁਰੂ ਵਿੱਚ ਲਖੀਮਪੁਰ ਹਿੰਸਾ ਵਿੱਚ ਆਸ਼ੀਸ਼ ਮਿਸ਼ਰਾ ਦੀ ਸ਼ਮੂਲੀਅਤ ਦੇ ਦੋਸ਼ਾਂ ਨੂੰ ਨਕਾਰਨ ਲਈ ਕਈ ਤਰ੍ਹਾਂ ਦੀਆਂ ਦਲੀਲਾਂ ਦਿੱਤੀਆਂ ਗਈਆਂ ਸਨ। ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਰਿਵਾਰ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਹ ਉੱਥੇ ਨਹੀਂ ਸੀ। ਹਾਲਾਂਕਿ ਬਾਅਦ ਵਿੱਚ ਐਸਆਈਟੀ ਦੀ ਜਾਂਚ ਵਿੱਚ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

Please follow and like us:

Similar Posts