ਜਲੰਧਰ: 15 ਫਰਵਰੀ ( ), ਜਿਸ ਦਿੱਲੀ ਮਾਡਲ ਦੀਆਂ ਗੱਲਾਂ ਕਰਕੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਉਸੇ ਮਾਡਲ ਦੀਆਂ ਧੱਜੀਆਂ ਅੱਜ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਦੇ ਰੋਹਿਣੀ ਵਿਧਾਨਸਭਾ ਹਲਕੇ ਤੋਂ ਵਿਧਾਇਕ ਨੇ ਉਡਾਈਆਂ। ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਜੇਂਦਰ ਗੁਪਤਾ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ, ਇਸ ਲਈ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੇ ਜਾਲ ਵਿੱਚ ਨਹੀਂ ਫਸਣਾ ਚਾਹੀਦਾ। ਵਿਜੇਂਦਰ ਗੁਪਤਾ ਅੱਜ ਇੱਥੇ ਇੱਕ ਹੋਟਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਅਗਵਾਈ ਹੇਠ ਚੱਲ ਰਹੀ ਦਿੱਲੀ ਸਰਕਾਰ ਹਜ਼ਾਰਾਂ ਕਰੋੜਾਂ ਦੇ ਘਪਲਿਆਂ ਵਿੱਚ ਘਿਰੀ ਹੋਈ ਹੈ। ਵਿਜੇਂਦਰ ਗੁਪਤਾ ਨੇ ਕਿਹਾ ਕਿ ਨਾ ਸਿਰਫ਼ ਨਵੀਆਂ ਬੱਸਾਂ ਖਰੀਦਣ ਵਿੱਚ ਘਪਲਾ ਕੀਤਾ ਗਿਆ ਸਗੋਂ ਪੁਰਾਣੀਆਂ ਬੱਸਾਂ ਦੇ ਰੱਖ-ਰਖਾਅ ਵਿੱਚ ਵੀ ਲੱਖਾਂ ਦਾ ਘਪਲਾ ਕੀਤਾ ਗਿਆ।

ਵਿਜੇਂਦਰ ਗੁਪਤਾ ਨੇ ਦਸਤਾਵੇਜ਼ ਪੇਸ਼ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਨਵੀਆਂ ਬੱਸਾਂ ਚਲਾਉਣ ਸਬੰਧੀ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ। ਇਸ ਤੋਂ ਇਲਾਵਾ ਮਾਰਸ਼ਲ ਦੀ ਭਰਤੀ ਵਿੱਚ ਵੀ 400 ਜਾਅਲੀ ਆਧਾਰ ਕਾਰਡ ਬਣਾ ਕੇ ਕਰੋੜਾਂ ਦਾ ਘਪਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਮਾਮਲੇ ਨੂੰ ਵਿਧਾਨ ਸਭਾ ਵਿੱਚ ਵੀ ਉਠਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਹੈ।

ਵਿਜੇਂਦਰ ਗੁਪਤਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਨ੍ਹਾਂ ਘੁਟਾਲਿਆਂ ਨੂੰ ਉਭਾਰਿਆ ਤਾਂ ਉਪ ਰਾਜਪਾਲ ਨੇ ਜਾਂਚ ਤੋਂ ਬਾਅਦ ਇਸ ਨੂੰ ਸੀਬੀਆਈ ਹਵਾਲੇ ਕਰ ਦਿੱਤਾ। ਹੁਣ ਸੀਬੀਆਈ ਇਨ੍ਹਾਂ ਘੁਟਾਲਿਆਂ ਦੀ ਜਾਂਚ ਕਰ ਰਹੀ ਹੈ। ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਉਹ ਇਨ੍ਹਾਂ ਘੁਟਾਲਿਆਂ ‘ਤੇ ਕਿਸੇ ਵੀ ਮੰਚ ਅਤੇ ਕਿਸੇ ਵੀ ਥਾਂ ‘ਤੇ ਖੁੱਲ੍ਹੀ ਬਹਿਸ ਕਰਨ ਲਈ ਤਿਆਰ ਹਨ। ਵਿਜੇਂਦਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵਰਗੀ ਭ੍ਰਿਸ਼ਟ ਸਰਕਾਰ ਦੇ ਹੱਕ ਵਿੱਚ ਬਿਲਕੁਲ ਵੀ ਵੋਟ ਨਹੀਂ ਪਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਡਬਲ ਇੰਜਣ ਵਾਲੀ ਸਰਕਾਰ ਬਣਾਈ ਜਾਵੇ ਤਾਂ ਹੀ ਪੰਜਾਬ ਦਾ ਭਲਾ ਹੋਵੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਵਿਮਲ ਟੰਡਨ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੁਸ਼ੀਲ ਸ਼ਰਮਾ, ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਵੀ ਹਾਜ਼ਰ ਸਨ।

Please follow and like us:

Similar Posts