
ਚੰਡੀਗੜ :ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਹੋਰ ਵੱਡਾ ਬਲ਼ ਮਿਲਿਆ, ਜਦੋਂ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਪ੍ਰਧਾਨ ਸੰਦੀਪ ਧਵਨ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਨੂੰ ‘ਆਪ’ ਪੰਜਾਬ ਤੇ ਚੰਡੀਗੜ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਹਰ ਦਿਨ ਵਧਦਾ ਜਾ ਰਿਹਾ ਹੈ। ਹੋਰਨਾਂ ਪਾਰਟੀਆਂ ਦੇ ਵੱਡੇ ਆਗੂਆਂ ਤੋਂ ਲੈ ਕੇ ਆਮ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੰਦੀਪ ਧਵਨ ਦੀ ਅਗਵਾਈ ਵਿੱਚ ਗਜਨਦੀਪ ਸਿੰਘ ਮੋਹਾਲੀ, ਕੁਨਾਲ ਹਾਂਡਾ ਖਰੜ, ਕਿਸਾਨ ਮਹਾਂਸੰਘ ਚੰਡੀਗੜ ਦੀ ਪ੍ਰਧਾਨ ਪ੍ਰੀਤੀ ਆਨੰਦ ਸਮੇਤ ਸੁਖ ਸੰਧੂ ਬਰਨਾਲਾ, ਸੁਖਜਿੰਦਰ ਸਿੰਘ ਅਤੇ ਮਨਕਰਨ ਸੰਧੂ ਆਦਿ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਵਿਧਾਇਕ ਜਰਨੈਲ ਸਿੰਘ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ ‘ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।