ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦਾ ਮਾਹੌਲ ਹੈ ਤੇ ਸਿਆਸੀ ਖਿੱਚੋਤਾਣ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ।ਜਿਸ ਦੇ ਚਲਦਿਆਂ ਹੁਣ ਕਾਂਗਰਸ ਪਾਰਟੀ ‘ਤੇ ਸਾਬਕਾ ਮੰਤਰੀ ਵੱਲੋਂ ਭਾਰੀ ਇਲਜ਼ਾਮ ਲਗਾਏ ਗਏ ਹਨ ਜਿਸ ਨੇ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਦਰਅਸਲ ਸਾਬਕਾ ਮੰਤਰੀ ਜਗਮੋਹਨ ਕੰਗ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਇੱਥੇ ਹੀ ਬੱਸ ਨਹੀਂ ਕੰਗ ਨੇ ਚੰਨੀ ਦੇ ਘਰ ਹੋਈ ਈ.ਡੀ. ਦੀ ਰੇਡ ਦੇ ਮਸਲੇ ‘ਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਜਗਮੋਹਨ ਕੰਗ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜ਼ੋ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਨਹੀਂ ਗਈਆਂ ਬਲਕਿ ਵੇਚੀਆਂ ਗਈਆਂ ਹਨ। ਕੰਗ ਦਾ ਦੋਸ਼ ਹੈ ਕਿ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਟਿਕਟਾਂ ਵੇਚੀਆਂ ਗਈਆਂ ਹਨ। ਇੱਥੇ ਹੀ ਬੱਸ ਨਹੀਂ ਉਨ੍ਹਾਂ ਚੰਨੀ ‘ਤੇ ਮਰਜੀ ਦੀ ਸੀਟ ਤੋਂ ਚੋਣ ਲੜਨ ਲਈ ਸੀਟ ਲੈਣ ਦਾ ਦੋਸ਼ ਵੀ ਲਗਾਇਆ ਹੈ।ਇਸ ਮੌਕੇ ਬੋਲਦਿਆਂ ਕੰਗ ਨੇ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀਆਂ ਤਾਰੀਫਾਂ ਦੇ ਪੁਲ ਬੰਨੇ। ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਸੁਲਝੇ ਹੋਏ ਇਨਸਾਨ ਸਨ। ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੀਟੂ ਜਿਹੇ ਸੰਗੀਨ ਮਾਮਲੇ ‘ਚੋਂ ਕਲੀਨ ਚਿੱਟ ਦਿੱਤੀ ਗਈ ਜਿਸ ਲਈ ਉਨ੍ਹਾਂ ਨੂੰ ਕਦੀ ਵੀ ਮੁਆਫ ਨਹੀਂ ਕੀਤਾ ਜਾ ਸਕਦਾ।
ਜ਼ਿਕਰ ਏ ਖਾਸ ਹੈ ਕਿ ਜਗਮੋਹਨ ਸਿੰਘ ਕੰਗ ਵੱਲੋਂ ਆਪਣੇ ਪੁੱਤਰ ਬਨੀ ਕੰਗ ਲਈ ਖਰੜ ਤੋਂ ਟਿਕਟ ਮੰਗੀ ਗਈ ਸੀ।ਪਰ ਕਾਂਗਰਸ ਪਾਰਟੀ ਵੱਲੋਂ ਕਿਸੇ ਹੋਰ ਵਿਅਕਤੀ ਨੂੰ ਖਰੜ ਤੋਂ ਟਿਕਟ ਦਿੱਤੀ ਗਈ ਹੈ। ਇਸ ਮਸਲੇ ‘ਤੇ ਬੋਲਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਦਾਗੀ ਵਿਅਕਤੀ ਨੂੰ ਟਿਕਟ ਦਿੱਤੀ ਹੈ ਜਿਸ ਨਾਲ ਕਾਂਗਰਸੀ ਵਰਕਰਾਂ ‘ਚ ਕਾਫੀ ਮਾਯੂਸੀ ਹੈ।ਕੰਗ ਨੇ ਕਿਹਾ ਕਿ ਸਬੂਤਾਂ ਸਮੇਤ ਉਹ ਘਰ ਘਰ ਜਾ ਕੇ ਚੰਨੀ ਖਿਲਾਫ ਪ੍ਰਚਾਰ ਕਰਨਗੇ।

Please follow and like us:

Similar Posts