ਚੰਡੀਗੜ੍ਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਸਿਆਸੀ ਆਗੂ ਆਪੋ ਆਪਣੇ ਬਿਆਨਾਂ ਕਰਕੇ ਚਰਚਾ ਦੇ ਵਿਚ ਆ ਰਹੇ ਹਨ। ਜਿਸ ਦੇ ਚਲਦਿਆਂ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਪਣੇ ਇੱਕ ਬਿਆਨ ਤੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਦਿੱਲੀ ਬਿਹਾਰ ਦੇ ਭਈਏ ਪੰਜਾਬ ਦੇ ਵਿੱਚ ਅਸੀਂ ਵੜਣ ਨਹੀਂ ਦੇਣੇ। ਇਸ ਵੀਡੀਓ ਵਿੱਚ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਹਨ।
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਸੀ ਜਿਸ ਤੇ ਸਪੱਸ਼ਟੀਕਰਨ ਦਿੰਦਿਆਂ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਿਰਫ਼ ਕੇਜਰੀਵਾਲ ਲਈ ਬਾਹਰੀ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਅਤੇ ਹੁਣ ਵਿਰੋਧੀਆਂ ਵਲੋਂ ਲਗਾਤਾਰ ਉਨ੍ਹਾਂ ਦੇ ਬਿਆਨ ਦਾ ਗਲਤ ਮਤਲਬ ਕੱਢਿਆ ਜਾ ਰਿਹਾ ਹੈ ।ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਾਹਰੀ ਮਜ਼ਦੂਰਾਂ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਕਿਉਂਕਿ ਉਹ ਉਨ੍ਹਾਂ ਦੀ ਆਪਣੀ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰਾਘਵ ਚੱਢਾ ਅਤੇ ਕੇਜਰੀਵਾਲ ਜਿਹੇ ਲੋਕਾਂ ਦੀ ਗੱਲ ਕੀਤੀ ਗਈ ਸੀ ਜਿਹੜੇ ਕਿ ਬਾਹਰੀ ਰਾਜਾਂ ਤੋਂ ਪੰਜਾਬ ਆ ਕੇ ਕਬਜ਼ਾ ਕਰਨਾ ਚਾਹੁੰਦੇ ਹਨ ।
ਉੱਧਰ ਦੂਜੇ ਪਾਸੇ ਇਸ ਮਸਲੇ ਤੇ ਹੁਣ ਸਿਆਸਤ ਵੀ ਗਰਮਾਉਂਦੀ ਦਿਖਾਈ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਵੀ ਇਸ ਮਸਲੇ ਤੇ ਪ੍ਰਤੀਕਿਰਿਆ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਦੇ ਵੀ ਕਿਸੇ ਵਿਸ਼ੇਸ਼ ਵਿਅਕਤੀ ਜਾਂ ਵਿਸ਼ੇਸ਼ ਭਾਈਚਾਰੇ ਬਾਬਤ ਕਦੀ ਕੋਈ ਟਿੱਪਣੀ ਨਹੀਂ ਕੀਤੀ ਗਈ ।