ਚੰਡੀਗੜ੍ਹ : ਜਿਉਂ ਜਿਉਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਉਂ ਤਿਉਂ ਸਿਆਸੀ ਪਾਰਟੀਆਂ ਨੇ ਆਪੋ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।ਜਿਸ ਦੇ ਚਲਦਿਆਂ ਹੁਣ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ ਧਰਮਵੀਰ ਗਾਂਧੀ ਵੱਲੋਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਗਿਆ ਹੈ ।ਗਾਂਧੀ ਨੇ ਕਿਹਾ ਕਿ ਉਹ ਸਿੱਧੂ ਦੇ ਨਾਲ ਹਨ ਅਤੇ ਘੱਟੋ ਘੱਟ ਦੋ ਵਾਰ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਜਾਣਗੇ । ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਵਿਰੁੱਧ ਬਿਕਰਮ ਮਜੀਠੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਡਾ ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਉਹ ਬੜੇ ਲੰਬੇ ਸਮੇਂ ਤੋਂ ਪੰਜਾਬ ਦੀ ਸਿਆਸਤ ਨੂੰ ਦੇਖਦੇ ਆ ਰਹੇ ਹਨ ਜਦੋਂ ਕਿ ਪਿਛਲੇ ਦੱਸ ਪੰਦਰਾਂ ਸਾਲਾਂ ਵਿੱਚ ਉਨ੍ਹਾਂ ਨੇ ਬੜੀ ਨਜ਼ਦੀਕ ਤੋਂ ਸੂਬੇ ਦੀ ਸੱਤਾ ਨੂੰ ਸਮਝਿਆ ਹੈ । ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚ ਆਈ ਆਰਥਿਕ ਅਤੇ ਸਮਾਜਿਕ ਗਿਰਾਵਟ ਦੇ ਉਹ ਚਸ਼ਮਦੀਦ ਗਵਾਹ ਹਨ। ਡਾ ਗਾਂਧੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਫੈਲਿਆ ਨਸ਼ਾ ਮਾਫ਼ੀਆ ਭੂ ਮਾਫ਼ੀਆ ਕੇਬਲ ਮਾਫ਼ੀਆ ਰੇਤ ਮਾਫ਼ੀਆ ਅਤੇ ਹਰ ਤਰ੍ਹਾਂ ਦੇ ਮਾਫੀਆ ਵੱਲੋਂ ਸੂਬੇ ਦੀ ਆਰਥਿਕਤਾ ਨੂੰ ਢਾਹ ਲਾਈ ਜਾ ਰਹੀ ਹੈ । ਡਾ ਗਾਂਧੀ ਨੇ ਕਿਹਾ ਕਿ ਸੂਬੇ ਅੰਦਰ ਫੈਲਿਆ ਮਾਫ਼ੀਆ ਸੂਬੇ ਦੀ ਸੱਤਾ ਤੇ ਕਾਬਜ਼ ਕੁਝ ਸ਼ਾਹੀ ਤੇ ਵੱਡੇ ਪਰਿਵਾਰਾਂ ਦੀ ਸ਼ਹਿ ਤੇ ਵਧਦਾ ਜਾ ਰਿਹਾ ਹੈ ।ਡਾ ਗਾਂਧੀ ਨੇ ਕਿਹਾ ਕਿ ਉਹ ਸੰਯੁਕਤ ਸਮਾਜ ਪਾਰਟੀ ਦੇ ਲਈ ਭਾਵੇਂ ਚੋਣ ਪ੍ਰਚਾਰ ਕਰ ਰਹੇ ਹਨ ਪਰ ਹੁਣ ਸਿੱਧੂ ਦੇ ਹੱਕ ਵਿੱਚ ਅੰਮ੍ਰਿਤਸਰ ਪੂਰਬੀ ਵਿਖੇ ਚੋਣ ਪ੍ਰਚਾਰ ਕਰਨ ਲਈ ਜ਼ਰੂਰ ਜਾਣਗੇ ।ਉਨ੍ਹਾਂ ਦੱਸਿਆ ਕਿ ਭਾਵੇਂ ਸਿੱਧੂ ਨਾਲ ਉਨ੍ਹਾਂ ਦੇ ਕਈ ਤਰ੍ਹਾਂ ਦੇ ਮਤਭੇਦ ਹੋ ਸਕਦੇ ਹਨ ਪਰ ਜਦੋਂ ਗੱਲ ਪੰਜਾਬ ਦੀ ਸੱਤਾ ਦੀ ਆ ਜਾਂਦੀ ਹੈ ਪੰਜਾਬ ਦੇ ਮੁੱਦਿਆਂ ਦੀ ਆ ਜਾਂਦੀ ਹੈ ਤਾਂ ਉਹ ਸਿੱਧੂ ਦੇ ਨਾਲ ਹਨ।