ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣਾਵੀ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਜ਼ਿਲਾ ਪੱਧਰ ‘ਤੇ ਇੰਮਲਾਇਮੈਂਟ ਬਿਊਰੋ (ਰੋਜ਼ਗਾਰ ਦਫ਼ਤਰ) ਖੋਲੇ ਹਨ। ਉਨਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਗ਼ੈਰ ਸਰਕਾਰੀ ਖੇਤਰ ਵਿੱਚ ਰੋਜ਼ਗਾਰ ਉਪਲਬਧ ਕਰਾਇਆ ਜਾਵੇਗਾ ਅਤੇ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਪੈਸਾ, ਸਿਖਲਾਈ ਅਤੇ ਸਾਧਨ ਪ੍ਰਦਾਨ ਕੀਤੇ ਜਾਣਗੇ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ ‘ਚੋਣ ਮਨੋਰਥ ਪੱਤਰ’ ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਤੋਂ ਮੁੱਕਰ ਗਏ, ਕਿਉਂਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਪ੍ਰਤੀ ਮਹੀਨਾ ਦੇਣ ਦੀ ਕੋਈ ਯੋਜਨਾ ਹੀ ਸ਼ੁਰੂ ਨਹੀਂ ਕੀਤੀ। ਉਨਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਇੱਕ ਬੇਰੁਜ਼ਗਾਰ ਨੌਜਵਾਨ ਨੂੰ ਆਪਣੇ ਚੋਣਾਵੀ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੰਦੀ ਤਾਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਪੰਜ ਸਾਲਾਂ ਦੌਰਾਨ 1 ਲੱਖ 50 ਹਜ਼ਾਰ ਰੁਪਏ ਦਾ ਵਿੱਤੀ ਲਾਭ ਮਿਲਣਾ ਸੀ।
ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਦੇਣਦਾਰ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਕਿਸੇ ਵੀ ਬੇਰੁਜ਼ਗਾਰ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ। ਮੀਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਵੋਟਾਂ ਮੰਗਣ ਜਾਣ ਵੇਲੇ ਪੰਜਾਬ ਦੇ ਨੌਜਵਾਨਾਂ ਅੱਗੇ ਜਵਾਬ ਦੇਣਾ ਪਵੇਗਾ ਕਿ ਉਸ ਨੇ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦਿੱਤਾ?
ਚੀਮਾ ਨੇ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸੂਬੇ ਵਿਚੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਇਨਾਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣਾ, ਰੁਜ਼ਗਾਰ ਪ੍ਰਦਾਨ ਕਰਨ ਅਤੇ ਰੋਜ਼ਗਾਰ ਸੰਬੰਧੀ ਸਿਖਲਾਈ ਦੇਣ ਲਈ ‘ਇੰਮਲਾਇਮੈਂਟ ਬਿਊਰੋ’ ਖੋਲਣ ਦਾ ਵਾਅਦਾ ਕੀਤਾ ਸੀ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਦੋ ਮੁੱਖ ਮੰਤਰੀ (ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ) ਰਹੇ ਹਨ, ਪਰ ਕਿਸੇ ਨੇ ਵੀ ਸੂਬੇ ਵਿੱਚ ਨਾ ਤਾਂ ਇੰਮਲਾਇਮੈਂਟ ਬਿਊਰੋ ਖੋਲੇ, ਨਾ ਬੇਰੁਜ਼ਗਾਰਾਂ ਦੇ ਨਾਂਅ ਦਰਜ ਕੀਤੇ ਗਏ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਗਿਆ। ਸਗੋਂ ਸਰਕਾਰ ਨੇ ਪਹਿਲਾਂ ਤੋਂ ਜ਼ਿਲਾ ਪੱਧਰ ‘ਤੇ ਚੱਲਦੇ ਰੁਜ਼ਗਾਰ ਦਫ਼ਤਰਾਂ ਨੂੰ ਮੁਲਾਜ਼ਮ ਦੀ ਘਾਟ ਦੇ ਚੱਲਦਿਆਂ ਬੰਦ ਹੀ ਕਰ ਦਿੱਤਾ।
ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਆਸ ਦੀ ਕਿਰਨ ਬਣ ਗਈ ਹੈ, ਕਿਉਂਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਸਿੱਖਿਅਤ ਕਰਨ ਦੇ ਨਾਲ ਨਾਲ ਚੰਗਾ ਰੋਜ਼ਗਾਰ ਦੇਣ ਦੀ ਗਰੰਟੀ ਵੀ ਦਿੰਦੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਜਿੱਥੇ ਸਰਕਾਰੀ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰੇਗੀ, ਉੱਥੇ ਹੀ ਉਦਯੋਗ, ਵਪਾਰ ਅਤੇ ਕਾਰੋਬਾਰ ਦਾ ਵਿਕਾਸ ਵੀ ਕਰੇਗੀ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਵੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Please follow and like us:

Similar Posts