ਅੰਮ੍ਰਿਤਸਰ- ਦਿੱਲੀ ’ਚ ਨੌਜੁਆਨ ਲੜਕੀ ਨਾਲ ਕੀਤਾ ਗਿਆ ਅਣ-ਮਨੁੱਖੀ ਤਸ਼ੱਦਦ ਜ਼ੁਲਮ ਦੀ ਸਿਖ਼ਰ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਮਨੁੱਖ ਨੂੰ ਜਲੀਲ ਕਰਨਾ ਮਾਨਵੀ ਕਦਰਾਂ-ਕੀਮਤਾਂ ਦੇ ਬਿਲਕੁਲ ਵਿਰੁੱਧ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਐਡਵੋਕੇਟ ਧਾਮੀ ਨੇ ਦਿੱਲੀ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ ਅਤੇ ਹੋਰ ਵੀ ਅਫ਼ਸੋਸਨਾਕ ਹੈ ਕਿ ਇਸ ਵਿਚ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਸ ਕੱਟਣ ਅਤੇ ਮੂੰਹ ਕਾਲਾ ਕਰਨ ਦੀ ਜੋ ਮਨੁੱਖਤਾ ਤੋਂ ਗਿਰੀ ਹੋਈ ਹਰਕਤ ਦੋਸ਼ੀਆਂ ਨੇ ਕੀਤੀ ਹੈ, ਇਹ ਸਮਾਜ ਦੇ ਮੂੰਹ ’ਤੇ ਕਲੰਕ ਤੋਂ ਘੱਟ ਨਹੀਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਮਾਮਲੇ ਦੀ ਸਰਕਾਰਾਂ ਵੱਲੋਂ ਹਰ ਪਹਿਲੂ ’ਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਮਾਮਲੇ ਦੀ ਪੜਤਾਲ ਲਈ ਦਿੱਲੀ ਸਿੱਖ ਮਿਸ਼ਨ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਜੋ ਵੀ ਰਿਪੋਰਟ ਦੇਣਗੇ ਉਸ ਅਨੁਸਾਰ ਅਗਲੀ ਕਾਰਵਾਈ ਕਰਾਂਗੇ।

Please follow and like us:

Similar Posts