ਜਲੰਧਰ : ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਅੱਜ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 11 ਵਜੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਅਤੇ ਹੋਰਨਾਂ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਜੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਦੇਸ਼ ਲਈ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਦੇ ਸੰਘਰਸ਼ ਅਤੇ ਬਲਿਦਾਨ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਲੋਕਾਂ ਨੂੰ ਸੱਚ ਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਅਤੇ ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ । ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ, ਜੋ ਕਿ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।