
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ‘ਤੇ ਫਰਜ਼ੀ ਵੋਟਰ ਤਿਆਰ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ 24000 ਤੋਂ ਵੱਧ ਜਾਅਲੀ ਵੋਟਰ ਤਿਆਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਮੂਡ ਦੇਖ ਕੇ ਬੌਖਲਾ ਗਈ ਹੈ। ਹਾਰ ਦੇ ਡਰੋਂ ਘਬਰਾਏ ਕਾਂਗਰਸੀ ਆਗੂ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਾਅਲੀ ਵੋਟਰਾਂ ਰਾਹੀਂ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਅਤੇ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਵੀ ਮੌਜੂਦ ਸਨ। ‘ਆਪ’ ਆਗੂ ਨੇ ਚੋਣ ਕਮਿਸ਼ਨ ਤੋਂ ਲੁਧਿਆਣਾ ਪੱਛਮੀ ਅਤੇ ਹੋਰ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਅਤੇ ਜਾਅਲੀ ਵੋਟਰਾਂ ਦੇ ਮੁੱਦੇ ’ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣਾਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ। ‘ਆਪ’ ਆਗੂ ਨੇ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਸਾਡੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ ਜਾਅਲੀ ਵੋਟਰਾਂ ਦੀ ਸੂਚੀ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਆਪਣੇ ਰਿਕਾਰਡ ਵਿੱਚੋਂ ਸਾਰੇ ਫਰਜ਼ੀ ਨਾਵਾਂ ਨੂੰ ਹਟਾ ਦਿੱਤਾ ਸੀ, ਪਰ ਫਿਰ ਵੀ ਇਲਾਕੇ ਵਿੱਚ 24 ਹਜ਼ਾਰ ਤੋਂ ਵੱਧ ਫਰਜ਼ੀ ਵੋਟਰਾਂ ਦੇ ਨਾਂ ਸਾਹਮਣੇ ਆਏ ਹਨ।
ਜਰਨੈਲ ਸਿੰਘ ਨੇ ਇਸ ਸਾਰੀ ਘਟਨਾ ਲਈ ਕਾਂਗਰਸੀ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੰਤਰੀ ਆਸ਼ੂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅਤੇ ਸਰਕਾਰੀ ਤੰਤਰ ‘ਤੇ ਦਬਾਅ ਪਾ ਕੇ ਵੋਟਰ ਸੂਚੀ ਵਿੱਚ ਵੱਡੀ ਗੜਬੜੀ ਕੀਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਮੰਤਰੀ ਆਸ਼ੂ ਨੂੰ ਆਪਣੀ ਹਾਰ ਦਾ ਡਰ ਸਤਾਉਣ ਲੱਗ ਪਿਆ ਹੈ, ਇਸ ਲਈ ਉਹ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂ ਆਪਣੀਆਂ ਤਮਾਮ ਨਾਪਾਕ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤੀ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੀ ਹੈ। ਇਸ ਲਈ ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ‘ਆਪ’ ਦੀ ਸਰਕਾਰ ਬਣਾਉਣਗੇ।