ਆਦਮਪੁਰ : ਜਿਸ ਦਿਨ ਤੋਂ ਲੈ ਕੇ ਕਾਂਗਰਸ ਪਾਰਟੀ ਵੱਲੋਂ ਸੀਟਾਂ ਦੀ ਵੰਡ ਕੀਤੀ ਜਾ ਰਹੀ ਹੈ ਤਦੋਂ ਤੋਂ ਹੀ ਆਦਮਪੁਰ ਸੀਟ *ਤੇ ਲਗਾਤਾਰ ਹਾਈ ਵੋਲਟੇਜ਼ ਡਰਾਮਾਂ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦਿਆਂ ਕੱਲ੍ਹ ਤੱਕ ਚਰਚਾ ਸੀ ਕਿ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਸੁਖਵਿੰਦਰ ਕੋਟਲੀ ਦੀ ਜਗ੍ਹਾ ਮਹਿੰਦਰ ਸਿੰਘ ਕੇਪੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਚਰਚਾ ਇਹ ਵੀ ਸੀ ਕਿ ਕੱਲ੍ਹ ਮਹਿੰਦਰ ਸਿੰਘ ਕੇਪੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਪਰ ਅਜਿਹਾ ਨਹੀਂ ਹੋਇਆ। ਜ਼ਿਕਰ ਏ ਖਾਸ ਹੈ ਕਿ ਕੇਪੀ ਨਾਮਜ਼ਦਗੀ ਦਾਖਲ ਕਰਨ ਲਈ ਰਿਟਰਨਿੰਗ ਅਧਿਕਾਰੀ ਦੇ ਦਫਤਰ ਤੱਕ ਵੀ ਪਹੁੰਚ ਗਏ ਸਨ ਪਰ ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਗਈ।
ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਸਖਤ ਇਤਰਾਜ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ ਕਿ ਉਹ ਹੀ ਆਦਮਪੁਰ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਜਿਸ ਲਈ ਉਨ੍ਹਾਂ ਵੱਲੋਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਅੰਤ ਤੱਕ ਉਨ੍ਹਾਂ ਨੂੰ ਉਮੀਦ ਸੀ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇਗੀ।ਚਰਚਾਵਾਂ ਇਹ ਵੀ ਹਨ ਕਿ ਕੇਪੀ ਵੱਲੋਂ ਟਿਕਟ ਕੱਟੇ ਜਾਣ ਦਾ ਬਦਲਾ ਲੈਣ ਦੀ ਗੱਲ ਵੀ ਕਹੀ ਜਾ ਰਹੀ ਹੈ।ਕੇਪੀ ਨੇ ਕਿਹਾ ਕਿ ਰਾਹੁਲ ਗਾਂਧੀ ਜਿਸ ਦਿਨ ਜਲੰਧਰ ਆਏ ਤਾਂ ਉਦੋਂ ਹੀ ਉਨ੍ਹਾਂ ਵੱਲੋਂ ਟਿਕਟ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਪਾਰਟੀ ਵੱਲੋਂ ਅਧਿਕਾਰਿਤ ਪੱਤਰ ਨਹੀਂ ਮਿਿਲਆ।ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪਾਰਟੀ ਦੇ ਕੁਝ ਲੋਕ ਉਨ੍ਹਾਂ ਦੇ ਵਧ ਰਹੇ ਕੱਦ ਤੋਂ ਡਰਦੇ ਹਨ ਜਿਸ ਕਾਰਨ ਉਨ੍ਹਾਂ ਦੀ ਟਿਕਟ ਕੱਟੀ ਗਈ ਹੈ।