ਬੀਬੀ ਜਗੀਰ ਕੌਰ ਨੇ SGPC ਦੇ ਪ੍ਰਬੰਧ ਹੇਠ ਆਉਂਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਸੰਗਤਾਂ ਦੇਸ਼ ਦੁਨੀਆਂ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤੋਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਮੈਨੇਜਰ ਅਤੇ ਹੋਰ ਜ਼ੁੰਮੇਵਾਰ ਅਧਿਕਾਰੀ ਪ੍ਰਬੰਧਾਂ ਨੂੰ ਲੈ ਕੇ ਆਪਣੀ ਜ਼ੁੰਮੇਵਾਰੀ ਨਿਭਾਉਣ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਤਾਂ ਦੀਆਂ ਪ੍ਰਬੰਧਕਾਂ ਪਾਸੋਂ ਵੱਡੀਆਂ ਆਸਾਂ ਹੁੰਦੀਆਂ ਹਨ, ਇਸ ਲਈ ਸੁਚੇਤ ਰਹਿ ਕੇ ਪ੍ਰਬੰਧ ਕਰਨੇ ਸਾਡੀ ਸਾਰਿਆਂ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਢਿੱਲ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਵੀ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਬਣਾਉਣ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਕਿਸੇ ਵੀ ਤਰ੍ਹਾਂ ਦੀ ਅਨੈਤਿਕ ਕਾਰਵਾਈ ਵਿਚ ਜਾਂ ਫਿਰ ਨਸ਼ਾਖੋਰੀ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਸਬੰਧਤ ਗੁਰਦੁਆਰਾ ਸਾਹਿਬ ਦਾ ਮੈਨੇਜਰ ਵੀ ਜਵਾਬ-ਦੇਹ ਹੋਵੇਗਾ।